ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਵੀ ਕੀਤਾ ਜ਼ਬਤ: ਏਆਈਜੀ ਸੀਆਈ ਗੁਰਸੇਵਕ ਸਿੰਘ
ਫ਼ਿਰੋਜ਼ਪੁਰ, ਜੀਰਾ (ਤੀਰਥ ਸਨੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀਐੱਸਐੱਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ ਪੀਬੀ-05-ਏਐੱਸ-9856 ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਇਸ ਮਾਡਿਊਲ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਏਆਈਜੀਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਫ਼ਾਜ਼ਿਲਕਾ ਦੇ ਹਿੰਦੂਮਲਕੋਟ ਰੋਡ ’ਤੇ ਪੈਂਦੇ ਪਿੰਡ ਸਤੀਰਵਾਲਾ ਨੇੜੇ ਬੀਐੱਸਐੱਫ ਫ਼ਾਜ਼ਿਲਕਾ ਨਾਲ ਮਿਲ ਕੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ ’ਤੇ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੇ ਕਬਜ਼ੇ ’ਚੋਂ 30.200 ਕਿੱਲੋ ਹੈਰੋਇਨ ਬਰਾਮਦ ਹੋਈ। ਏਆਈਜੀ ਨੇ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਫ਼ਾਜ਼ਿਲਕਾ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21-ਸੀ, 25 ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 14 ਮਿਤੀ 7-08-2026 ਦਰਜ ਕੀਤੀ ਗਈ ਹੈ।
ਖ਼ਬਰਾਂ
30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ,ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀਐੱਸਐੱਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ ਵੱਡੀ ਪ੍ਰਾਪਤੀ
* ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ
8 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



