ਮੋਗਾ, 3 ਜੁਲਾਈ (. ਜਸ਼ਨ ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡ ਨੰਬਰ-14 ਤੋਂ 85 ਸ਼ਰਧਾਲੂਆਂ ਨੂੰ ਲੈ ਕੇ ਦੋ ਬੱਸਾਂ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਦੋਵਾਂ ਬੱਸਾਂ ਨੂੰ ਆਮ ਆਦਮੀ ਪਾਰਟੀ ਮੋਗਾ ਸ਼ਹਿਰੀ ਦੇ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਸ਼ੁਭ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਪ੍ਰੇਮ ਚੰਦ ਚੱਕੀ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਹਾਜ਼ਰ ਲੋਕਾਂ ਨੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਪਾਰਟੀ ਦੇ ਹੋਰ ਅਹੁਦੇਦਾਰ, ਵਰਕਰ ਅਤੇ ਸ਼ਰਧਾਲੂਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।