ਮੋਗਾ, 20 ਅਕਤੂਬਰ (ਜਸ਼ਨ ) : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੋਟੀਆਂ ਕਲਾਂ ਵਿਖੇ ਮੇਰਾ ਘਰ ਮੇਰੇ ਨਾਮ ਯੋਜਨਾ ਅਧੀਨ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ 180 ਪਰਿਵਾਰਾਂ ਨੂੰ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਚੋਟੀਆਂ ਕਲਾਂ ਵਿਖੇ 180 ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਪਿੰਡ ਦੀ ਸਹਿਕਾਰੀ ਸਭਾ ਨੂੰ 30 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਰੈਕਟਰ ਅਤੇ ਖੇਤੀਬਾੜੀ ਦੇ ਸੰਦ ਵੀ ਮੁਹੱਈਆ ਕਰਵਾਏ ਗਏ, ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਸਹੂਲਤ ਮਿਲ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਦਲਜੀਤ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ ਮੌਜੂਦ ਰਹੀ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਅਤੇ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਲੋਕਾਂ ਨੂੰ ਮਾਲਕੀ ਹੱਕ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਪਛਾਣ ਅਤੇ ਸੁਰੱਖਿਆ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਲੋੜਵੰਦ ਪਰਿਵਾਰ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ ਅਤੇ ਕੋਈ ਵੀ ਵਿਅਕਤੀ ਆਪਣੇ ਹੱਕਾਂ ਤੋਂ ਵਾਂਝਾ ਨਾ ਰਹੇ। ਪਿੰਡ ਦੀ ਸਹਿਕਾਰੀ ਸਭਾ ਨੂੰ ਟਰੈਕਟਰ ਅਤੇ ਖੇਤੀਬਾੜੀ ਦੇ ਸੰਦ ਮੁਹੱਈਆ ਕਰਵਾਉਣ ਨਾਲ ਕਿਸਾਨਾਂ ਨੂੰ ਖੇਤੀ ਦੇ ਕੰਮਾਂ ਵਿੱਚ ਸਹੂਲਤ ਮਿਲੇਗੀ। ਇਸ ਨਾਲ ਖੇਤੀਬਾੜੀ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਦੇ ਸਾਂਝੇ ਹਿੱਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਮਦਦ ਕਰਨ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਯਤਨ ਹੈ ਕਿ ਪੰਜਾਬ ਦੇ ਹਰ ਪਿੰਡ ਦਾ ਵਿਕਾਸ ਹੋਵੇ ਅਤੇ ਹਰੇਕ ਪਰਿਵਾਰ ਨੂੰ ਸਨਮਾਨਜਨਕ ਜੀਵਨ ਬਤੀਤ ਕਰਨ ਲਈ ਲੋੜੀਂਦੀਆਂ ਸਹੂਲਤਾਂ ਮਿਲਣ। ਇਸ ਮੌਕੇ ਪਿੰਡ ਦੇ ਸਰਪੰਚ ਦਲਜੀਤ ਸਿੰਘ ਸਮੇਤ ਗ੍ਰਾਮ ਪੰਚਾਇਤ ਦੇ ਮੈਂਬਰਾਂ ਨੇ ਵੀ ਪਰਿਵਾਰਾਂ ਨੂੰ ਮਾਲਕੀ ਹੱਕ ਮਿਲਣ ਅਤੇ ਸਹਿਕਾਰੀ ਸਭਾ ਨੂੰ ਖੇਤੀਬਾੜੀ ਦੇ ਸੰਦ ਮੁਹੱਈਆ ਕਰਵਾਉਣ ਲਈ ਸਰਕਾਰ ਦੇ ਯਤਨਾਂ ਦਾ ਸਵਾਗਤ ਕੀਤਾ।