ਸਟੇਸ਼ਨ ਮੋਗਾ
ਪੱਤਰਕਾਰ ਲਛਮਣ ਜੀਤ ਸਿੰਘ ਪੁਰਬਾ ਦੀ ਰਿਪੋਰਟ
09814200900
ਮੋਗਾ,9 ਜੁਲਾਈ, ਮੋਗਾ -ਫਿਰੋਜ਼ਪੁਰ ਹਾਈਵੇ ਸਥਿਤ ਸਦਰ ਥਾਣੇ 'ਤੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਥਾਣਿਆਂ 'ਤੇ ਹਮਲੇ ਹੋ ਰਹੇ ਹਨ, ਪਰ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਪਹਿਲਾਂ ਹੀ ਨਸ਼ੇ, ਗੈਂਗਸਟਰਵਾਦ ਅਤੇ ਸਰਹੱਦ ਪਾਰ ਤੋਂ ਹੋ ਰਹੀਆਂ ਸਾਜ਼ਿਸ਼ਾਂ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਪਾਕਿਸਤਾਨ ਸਮਰਥਿਤ ਅਨਸਰ ਅਤੇ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਸਮਰਥਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਥਾਣਿਆਂ 'ਤੇ ਗ੍ਰੇਨੇਡ ਹਮਲੇ ਹੋ ਚੁੱਕੇ ਹਨ, ਪਰ ਕਈ ਮਾਮਲਿਆਂ ਵਿੱਚ ਅਜੇ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ।
ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਰਾਜਨੀਤਿਕ ਦਬਾਅ ਤੋਂ ਮੁਕਤ ਕਰਕੇ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਬੇਖ਼ੌਫ਼ ਹੋ ਕੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਨੋਬਲ ਡਿੱਗਣ ਨਾਲ ਅਪਰਾਧੀਆਂ ਦੇ ਹੌਸਲੇ ਵਧਦੇ ਹਨ।ਬਿੱਟੂ ਨੇ ਕਿਹਾ ਕਿ ਕਾਨੂੰਨ-ਵਿਵਸਥਾ ਕਿਸੇ ਇੱਕ ਪਾਰਟੀ ਦਾ ਨਹੀਂ, ਸਗੋਂ ਪੂਰੇ ਪੰਜਾਬ ਦੀ ਸੁਰੱਖਿਆ ਦਾ ਮਾਮਲਾ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਜੇ ਲੋੜ ਪਵੇ ਤਾਂ ਕੇਂਦਰ ਸਰਕਾਰ ਅਤੇ ਪੈਰਾ-ਮਿਲਟਰੀ ਫੋਰਸਾਂ ਦੀ ਵੀ ਮਦਦ ਲਈ ਜਾਵੇ, ਤਾਂ ਜੋ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਮਜ਼ਬੂਤ ਕੀਤਾ ਜਾ ਸਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਦੋਂ ਪੁਲਿਸ ਥਾਣੇ ਹੀ ਹਮਲਿਆਂ ਦਾ ਨਿਸ਼ਾਨਾ ਬਣ ਰਹੇ ਹਨ ਤਾਂ ਇਹ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਤੋਂ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਮੰਗ ਕੀਤੀ।

ਇਸ ਮੌਕੇ ਗੁਰਬੰਸ ਸਿੰਘ ਐਸਐਸਪੀ ਫਰੀਦਕੋਟ ਨੇ ਕਿਹਾ ਕਿ ਪੁਲਿਸ ਕਿਸੇ ਵੀ ਤੱਥ ਨੂੰ ਲੁਕਾ ਨਹੀਂ ਰਹੀ ਅਤੇ ਪੂਰੀ ਪਾਰਦਰਸ਼ਤਾ ਨਾਲ ਜਾਂਚ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਫਐਸਐਲ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਮਾਹਿਰਾਂ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਸਪੱਸ਼ਟ ਹੋ ਜਾਵੇਗਾ ਕਿ ਧਮਾਕੇ ਵਿੱਚ ਕਿਹੜੇ ਵਿਸਫੋਟਕ ਪਦਾਰਥ ਦੀ ਵਰਤੋਂ ਕੀਤੀ ਗਈ ਸੀ, ਤਾਂ ਉਸ ਸਬੰਧੀ ਪੂਰੀ ਜਾਣਕਾਰੀ ਜਨਤਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲਾ ਜਾਂਚ ਅਧੀਨ ਹੋਣ ਕਾਰਨ ਇਸ ਪੜਾਅ 'ਤੇ ਜਾਂਚ ਨਾਲ ਜੁੜੇ ਤੱਥਾਂ ਦਾ ਖੁਲਾਸਾ ਕਰਨਾ ਠੀਕ ਨਹੀਂ ਹੋਵੇਗਾ, ਕਿਉਂਕਿ ਇਸ ਨਾਲ ਦੋਸ਼ੀਆਂ ਨੂੰ ਫਾਇਦਾ ਮਿਲ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਨੂੰ ਤਰਕਸੰਗਤ ਅੰਜਾਮ ਤੱਕ ਪਹੁੰਚਾ ਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇਗਾ।ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਜ਼ਿੰਮੇਵਾਰੀ ਕਿਸੇ ਸੰਗਠਨ ਵੱਲੋਂ ਲੈਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਬਾਰੇ ਪੁਲਿਸ ਕੋਲ ਅਜੇ ਕੋਈ ਅਧਿਕਾਰਕ ਜਾਣਕਾਰੀ ਨਹੀਂ ਹੈ ਅਤੇ ਜਾਂਚ ਸਿਰਫ਼ ਤੱਥਾਂ ਦੇ ਆਧਾਰ 'ਤੇ ਅੱਗੇ ਵਧਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤੱਕ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕੀਤਾ ਹੈ। ਪਿਛਲੇ ਸਮੇਂ ਦੌਰਾਨ ਵਾਪਰੀਆਂ ਅਜਿਹੀਆਂ ਜ਼ਿਆਦਾਤਰ ਘਟਨਾਵਾਂ ਨੂੰ ਪੁਲਿਸ ਨੇ ਟਰੇਸ ਕੀਤਾ ਹੈ ਅਤੇ ਇਸ ਮਾਮਲੇ ਨੂੰ ਵੀ ਜਲਦ ਸੁਲਝਾ ਲਿਆ ਜਾਵੇਗਾ।ਮੀਡੀਆ ਨੂੰ ਘਟਨਾ ਸਥਾਨ ਦੇ ਨੇੜੇ ਨਾ ਜਾਣ ਦੇ ਸਵਾਲ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਘਟਨਾ ਵਾਲੀ ਥਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ ਤਾਂ ਜੋ ਫੋਰੈਂਸਿਕ ਸਬੂਤ ਖਰਾਬ ਨਾ ਹੋਣ। ਇਸੇ ਕਾਰਨ ਕੁਝ ਸਮੇਂ ਲਈ ਆਵਾਜਾਈ ਅਤੇ ਆਮ ਲੋਕਾਂ ਦੀ ਪਹੁੰਚ 'ਤੇ ਰੋਕ ਲਗਾਈ ਗਈ ਸੀ।
ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਪੁਲਿਸ ਹਰ ਲੋੜੀਂਦੀ ਜਾਣਕਾਰੀ ਲੋਕਾਂ ਅਤੇ ਮੀਡੀਆ ਨਾਲ ਸਾਂਝੀ ਕਰੇਗੀ।




