ਮੋਗਾ ,22 ਜੁਲਾਈ (ਜਸ਼ਨ ) ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਸ਼ੁਰੂਆਤ ਦਾ ਸਵਾਗਤ ਕਰਦੇ ਨੇ ਅਤੇ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਨਾਲ ਲੰਬੇ ਸਮੇਂ ਤੋਂ ਰਾਸ਼ਨ ਕਾਰਡ ਬਣਨ ਦੀ ਉਡੀਕ ਕਰ ਰਹੇ ਹਜ਼ਾਰਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਆਮ ਵਰਗ ਵਿੱਚ ਖੁਸ਼ੀ ਦੀ ਲਹਿਰ ਹੈ।
ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਇਹ ਫੈਸਲਾ ਵੀ ਉਸੇ ਵਚਨਬੱਧਤਾ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਕਾਫ਼ੀ ਲੰਬੇ ਸਮੇਂ ਤੋਂ ਹਜ਼ਾਰਾਂ ਯੋਗ ਪਰਿਵਾਰ ਨਵੇਂ ਰਾਸ਼ਨ ਕਾਰਡ ਬਣਨ ਦੀ ਉਡੀਕ ਕਰ ਰਹੇ ਸਨ, ਜਿਸ ਨੂੰ ਹੁਣ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਡਿਜੀਟਲ ਵੈਰੀਫਿਕੇਸ਼ਨ ਰਾਹੀਂ ਪਾਰਦਰਸ਼ੀ ਬਣਾਇਆ ਗਿਆ ਹੈ, ਜਿਸ ਨਾਲ ਅਸਲ ਹੱਕਦਾਰਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੰਭਾਵਨਾ ਨਹੀਂ ਰਹੇਗੀ।
ਚੇਅਰਮੈਨ ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਅਤੇ ਲੋਕ-ਹਿਤੈਸ਼ੀ ਫੈਸਲੇ ਲੈ ਰਹੀ ਹੈ। ਉਨ੍ਹਾਂ ਸਮੂਹ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਅਤੇ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ।
ਅੰਤ ਵਿੱਚ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਚੁੱਕਿਆ ਗਿਆ ਹਰ ਕਦਮ ਪੰਜਾਬ ਨੂੰ ਹੋਰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਵੱਲ ਇੱਕ ਅਹਿਮ ਯਤਨ ਹੈ।