ਧਰਮਕੋਟ , 13 ਸਤੰਬਰ ( ਜਸ਼ਨ ): "ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਗਤੀਵਿਧੀਆਂ ਤੂਫ਼ਾਨੀ ਪੱਧਰ ਤੇ ਜਾਰੀ ਨੇ । ਭਾਰਤੀ ਜਨਤਾ ਪਾਰਟੀ ਦੀ ਜੁਝਾਰੂ ਆਗੂ ਬੀਬੀ ਰਾਜ ਕੌਰ ਕਿਸ਼ਨਪੁਰਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਇਸੇ ਲਾੜੇ ਤਹਿਤ ਧਰਮਕੋਟ ਹਲਕੇ ਦੇ ਸੱਠ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਨੇ । ਉਹਨਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਅਤੇ ਵਿਕਾਸ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਡਬਲ ਇੰਜਨ ਵਾਲੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿੱਚ ਇੱਕੋ ਵਿਚਾਰਧਾਰਾ ਵਾਲੀ ਸਰਕਾਰ ਹੋਣ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਗਤੀ ਮਿਲ ਸਕਦੀ ਹੈ ਅਤੇ ਸੂਬੇ ਵਿੱਚ ਬੁਨਿਆਦੀ ਢਾਂਚੇ, ਰੁਜ਼ਗਾਰ, ਉਦਯੋਗ ਅਤੇ ਹੋਰ ਵਿਕਾਸ ਕਾਰਜਾਂ ਨੂੰ ਨਵਾਂ ਉਤਸ਼ਾਹ ਮਿਲੇਗਾ। ਬੀਬੀ ਰਾਜ ਕੌਰ ਕਿਸ਼ਨਪੁਰਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਲੈ ਕੇ ਜਾਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਇਕਜੁੱਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਰਹੇਗੀ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣਗੇ ਅਤੇ ਸੂਬੇ ਵਿੱਚ ਡਬਲ ਇੰਜਨ ਵਾਲੀ ਸਰਕਾਰ ਬਣਨ ਨਾਲ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ।