ਧਰਮਕੋਟ , 25 ਅਕਤੂਬਰ (ਜਸ਼ਨ ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਧਰਮਕੋਟ ਹਲਕੇ ਦੇ ਪਿੰਡਾਂ ਵਿੱਚ ਮੀਟਿੰਗਾਂ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ । ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਦੇ ਹਰੇਕ ਪਿੰਡ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਜਾਣ ਗਏ ਹਨ ਕਿ ਸੂਬੇ ਦੇ ਵਿਕਾਸ ਤੇ ਲੱਗਣ ਵਾਲਾ ਪੈਸਾ ਦਿੱਲੀ ਵਾਲਿਆਂ ਨੂੰ ਲੁਟਾ ਦਿੱਤਾ ਤੇ ਬਾਕੀ ਰਹਿੰਦੀ ਖੂੰਹਦੀ ਕਸਰ ਦੂਸਰੇ ਰਾਜਾਂ ਦੇ ਅਖ਼ਬਾਰਾਂ ਵਿੱਚ ਫਰਜ਼ੀ ਇਸ਼ਤਿਹਾਰਬਾਜ਼ੀ ਤੇ ਲਗਾ ਦਿੱਤੇ ਅਤੇ ਅੱਜ ਹਾਲਾਤ ਇਹ ਹਨ ਕਿ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਆਪਣਾ ਚੋਣ ਮਨੋਰਥ ਪੱਤਰ ਘਰ ਘਰ ਲੈਕੇ ਜਾਵੇਗਾ ਅਤੇ ਇਹ ਮੁਹਿੰਮ 6 ਅਕਤੂਬਰ ਤੋਂ ਜਾਰੀ ਹੈ ਅਤੇ ਇਸ ਚੋਣ ਮਨੋਰਥ ਪੱਤਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਾਰ ਬਣਨ ਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਤੇ ਸੂਬੇ ਪ੍ਰਤੀ ਨਵੀਆਂ ਯੋਜਨਾਵਾਂ ਤੇ ਹਰ ਵਰਗ ਲਈ ਸਕੀਮਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਪਣੀ ਸਰਕਾਰ ਆਪਣੀ ਪਾਰਟੀ ਦਾ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੋਵੇਗਾ। ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਹੁਣੇ ਤੋਂ ਹੀ ਜੁਟ ਜਾਣ ਦਾ ਸੱਦਾ ਦਿੱਤਾ।