ਜੋਗਿੰਦਰ ਸਿੰਘ ਮਾਨ
ਬਠਿੰਡਾ,2 ਜੁਲਾਈ:
ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਸਥਿਤ ਪਿੰਡ ਜੱਸੀ ਬਾਗਵਾਲੀ ਵਿੱਚ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਪਤਨੀ ਨੂੰ ਰਿਵਾਲਵਰ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਵਾਰਦਾਤ ਉਸ ਸਮੇਂ ਹੋਈ ਜਦੋਂ ਮਹਿਲਾ ਆਪਣੇ ਬੱਚੇ ਨੂੰ ਸਕੂਲ ਵੈਨ ਤੋਂ ਲੈ ਕੇ ਨੇੜਲੀ ਦੁਕਾਨ ਤੋਂ ਸਮੋਸੇ ਖਰੀਦਣ ਜਾ ਰਹੀ ਸੀ।
ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ ਵਜੋਂ ਹੋਈ ਹੈ, ਜਿਸ ਦਾ ਵਿਆਹ ਕਰੀਬ 14 ਸਾਲ ਪਹਿਲਾਂ ਪਿੰਡ ਜੱਸੀ ਬਾਗਵਾਲੀ ਦੇ ਮਨਜੀਤ ਸਿੰਘ ਪੁੱਤਰ ਡੂੰਗਰ ਸਿੰਘ ਨਾਲ ਹੋਇਆ ਸੀ। ਜਾਣਕਾਰੀ ਅਨੁਸਾਰ ਪਤੀ-ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ ਅਤੇ ਪਿਛਲੇ ਲਗਭਗ ਦੋ ਸਾਲਾਂ ਤੋਂ ਦੋਵੇਂ ਵੱਖ-ਵੱਖ ਰਹਿ ਰਹੇ ਸਨ। ਦੋਹਾਂ ਦੇ ਦੋ ਬੱਚੇ ਹਨ, ਜੋ ਆਪਣੀ ਮਾਂ ਨਾਲ ਰਹਿੰਦੇ ਸਨ। ਗੁਰਮੀਤ ਕੌਰ ਪਿੰਡ ਵਿੱਚ ਨਰੇਗਾ ਮੇਟ ਵਜੋਂ ਕੰਮ ਕਰਕੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਸੀ।
ਅੱਜ ਦੁਪਹਿਰ ਸਮੇਂ ਗੁਰਮੀਤ ਕੌਰ ਆਪਣੇ ਬੱਚੇ ਨੂੰ ਸਕੂਲ ਵੈਨ ਤੋਂ ਉਤਾਰ ਕੇ ਨੇੜਲੀ ਮਠਿਆਈ ਦੀ ਦੁਕਾਨ ਤੋਂ ਸਮੋਸੇ ਲੈਣ ਜਾ ਰਹੀ ਸੀ। ਇਸੇ ਦੌਰਾਨ ਕਥਿਤ ਤੌਰ 'ਤੇ ਉਸ ਦਾ ਪਤੀ ਮਨਜੀਤ ਸਿੰਘ ਮੌਕੇ 'ਤੇ ਪਹੁੰਚਿਆ ਅਤੇ ਰਿਵਾਲਵਰ ਨਾਲ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਉਸ ਦੀ ਛਾਤੀ ਅਤੇ ਵੱਖੀ ਵਿੱਚ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦਿਨ-ਦਿਹਾੜੇ ਹੋਈ ਇਸ ਵਾਰਦਾਤ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਬਠਿੰਡਾ ਦਿਹਾਤੀ ਦੇ ਡੀਐਸਪੀ ਹਰਵਿੰਦਰ ਸਿੰਘ ਸਰਾਂ ਅਤੇ ਥਾਣਾ ਸੰਗਤ ਦੇ ਮੁਖੀ ਜਗਦੀਪ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੰਗਤ ਸਹਾਰਾ ਦੇ ਵਲੰਟੀਅਰ ਸਿਕੰਦਰ ਮਛਾਣਾ ਦੀ ਐਂਬੂਲੈਂਸ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰ ਨੇ ਪੁਲੀਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ ਹਨ।
ਗੁਰਮੀਤ ਕੌਰ ਦੀ ਮਾਂ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਦਾ ਜੁਆਈ ਮਨਜੀਤ ਸਿੰਘ ਉਸ ਦੀ ਧੀ ਨਾਲ ਲਗਾਤਾਰ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਤੰਗ-ਪਰੇਸ਼ਾਨ ਕਰਦਾ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਹੀ ਇਸ ਸਬੰਧੀ ਬਠਿੰਡਾ ਦਿਹਾਤੀ ਦੇ ਡੀਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਦੋਸ਼ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਹੋ ਜਾਂਦੀ ਤਾਂ ਅੱਜ ਉਨ੍ਹਾਂ ਦੀ ਧੀ ਅੱਜ ਉਨ੍ਹਾਂ ਕੋਲ ਹੁੰਦੀ ।
ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮੁਲਜ਼ਮ ਘਰ ਦਾ ਸੋਨਾ ਅਤੇ ਹੋਰ ਕੀਮਤੀ ਸਮਾਨ ਵੀ ਲੈ ਗਿਆ ਸੀ ਅਤੇ ਗੁਰਮੀਤ ਕੌਰ ਨੂੰ ਬਲੈਕਮੇਲ ਕਰਕੇ 8 ਲੱਖ ਰੁਪਏ ਦੀ ਹੋਰ ਮੰਗ ਕਰ ਰਿਹਾ ਸੀ। ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉੱਧਰ ਬਠਿੰਡਾ ਦਿਹਾਤੀ ਦੇ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਪੀਸੀਆਰ ਰਾਹੀਂ ਸੂਚਨਾ ਮਿਲਣ 'ਤੇ ਪੁਲੀਸ ਮੌਕੇ 'ਤੇ ਪਹੁੰਚੀ, ਜਿੱਥੇ ਜਾਂਚ ਦੌਰਾਨ ਸਾਹਮਣੇ ਆਇਆ ਕਿ ਘਰੇਲੂ ਕਲੇਸ਼ ਦੇ ਚੱਲਦਿਆਂ ਗੁਰਮੀਤ ਕੌਰ ਦੀ ਕਥਿਤ ਤੌਰ 'ਤੇ ਉਸ ਦੇ ਪਤੀ ਮਨਜੀਤ ਸਿੰਘ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਵਿਰਲਾਪ ਕਰਦੀ ਮਿਰਤਕ ਦੀ ਮਾਂ