ਮੋਗਾ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

ਮੋਗਾ, 6 ਜੂਨ (ਜਸ਼ਨ ) ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਸਨਮਾਨਪੂਰਵਕ ਮੁਲਾਕਾਤ ਕਰਕੇ ਮੋਗਾ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਦੌਰਾਨ ਦੋਵਾਂ ਆਗੂਆਂ ਨੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ, ਸੰਗਠਨਾਤਮਕ ਮਜ਼ਬੂਤੀ ਅਤੇ ਲੋਕ ਭਲਾਈ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਨਗਰ ਨਿਗਮ ਚੋਣਾਂ ਵਿੱਚ ਮਿਲੀ ਇਹ ਇਤਿਹਾਸਕ ਜਿੱਤ ਲੋਕਾਂ ਦੇ ਭਰੋਸੇ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਕੋਸ਼ਿਸ਼ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁਲਾਕਾਤ ਦੌਰਾਨ ਮਨੀਸ਼ ਸਿਸੋਦੀਆ ਨੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜਨ ਸੇਵਾ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਕੀਮਤੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਜੁੜੇ ਰਹਿਣ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਡਾ. ਅਰੋੜਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਅਗਵਾਈ, ਤਜਰਬਾ ਅਤੇ ਪ੍ਰੇਰਣਾ ਪਾਰਟੀ ਲਈ ਹਮੇਸ਼ਾ ਮਾਰਗਦਰਸ਼ਕ ਰਹੇ ਹਨ। ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਅ ਅਤੇ ਦਿਸ਼ਾ-ਨਿਰਦੇਸ਼ ਨਾ ਸਿਰਫ਼ ਪਾਰਟੀ ਨੂੰ ਸੰਗਠਨਾਤਮਕ ਤੌਰ 'ਤੇ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਣਗੇ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਨਵੀਂ ਊਰਜਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਮੋਗਾ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ 'ਤੇ ਜੋ ਵਿਸ਼ਵਾਸ ਜਤਾਇਆ ਹੈ, ਉਸ ਨੂੰ ਕਾਇਮ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ, ਪਾਰਦਰਸ਼ਤਾ ਅਤੇ ਲੋਕ ਸੇਵਾ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।