ਤੀਜ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਵਿਰਾਸਤ ਹੈ: ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 25 ਅਗਸਤ ( ਜਸ਼ਨ ) : ਨਿਹਾਲ ਸਿੰਘ ਵਾਲਾ ਵਿਖੇ ਕਰਵਾਏ ਗਏ ‘ਹੈਪੀ ਹਰਿਆਲੀ ਤੀਜ ਸਮਾਗਮ’ ਵਿੱਚ ਮਹਿਲਾਵਾਂ ਨੇ ਗਿੱਧਾ, ਬੋਲੀਆਂ ਅਤੇ ਟੱਪਿਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਰੌਣਕ ਨੂੰ ਜੀਵੰਤ ਕਰ ਦਿੱਤਾ। ਰੰਗ-ਬਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੀਆਂ ਮਹਿਲਾਵਾਂ ਨੇ ਪੂਰੇ ਉਤਸ਼ਾਹ ਅਤੇ ਖੁਸ਼ੀ ਨਾਲ ਤੀਜ ਦਾ ਤਿਉਹਾਰ ਮਨਾਇਆ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਅਤੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਦ ਕਿ ਨਿਹਾਲ ਸਿੰਘ ਵਾਲਾ ਹਲਕੇ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਪਤਨੀ ਅਮਨਦੀਪ ਕੌਰ ਸਮੇਤ ਆਮ ਆਦਮੀ ਪਾਰਟੀ ਦੀਆਂ ਵੱਡੀ ਗਿਣਤੀ ਵਿੱਚ ਮਹਿਲਾ ਆਗੂ ਅਤੇ ਵਰਕਰ ਹਾਜ਼ਰ ਸਨ। ਆਪਣੇ ਸੰਬੋਧਨ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੀਜ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਅਤੇ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਭੈਣਾਂ ਅਤੇ ਧੀਆਂ ਅੱਜ ਵੀ ਇਸ ਤਿਉਹਾਰ ਨੂੰ ਪੂਰੇ ਚਾਵਾਂ ਅਤੇ ਉਮੰਗ ਨਾਲ ਮਨਾ ਕੇ ਆਪਣੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਸਾਂਭ ਰਹੀਆਂ ਹਨ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਾਡੇ ਪੁਰਖਿਆਂ ਵੱਲੋਂ ਮਨਾਏ ਜਾਂਦੇ ਰਵਾਇਤੀ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕਈ ਲੋਕ-ਭਲਾਈ ਸਕੀਮਾਂ ਅਤੇ ਪ੍ਰੋਗਰਾਮ ਚਲਾ ਰਹੀ ਹੈ। ਅੱਜ ਮਹਿਲਾਵਾਂ ਸਮਾਜ ਅਤੇ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਮਾਗਮ ਦੌਰਾਨ ਮਹਿਲਾਵਾਂ ਵੱਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।