ਤਰਨਤਾਰਨ, 2 ਅਗਸਤ (ਅਮਿਤ ਮਰਵਾਹਾ)
ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਜੋਨਲ ਮੈਨੇਜਰ ਅੰਮ੍ਰਿਤਸਰ ਅਸੀਸ ਗਾਂਧੀ ਅਤੇ ਸਰਕਲ ਹੈੱਡ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੀਡ ਡਿਸਟ੍ਰਿਕਟ ਮੈਨੇਜਰ (ਐਲਡੀਐਮ) ਸੰਦੀਪ ਸਹੋਤਾ ਦੀ ਅਗਵਾਈ ਵਿੱਚ ਤਰਨਤਾਰਨ ਵਿਖੇ 'ਯੁਵਾ ਸ਼ਕਤੀ ਨਸ਼ਾ ਮੁਕਤ ਪ੍ਰੋਗਰਾਮ' ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨਾ ਸੀ।
ਪ੍ਰੋਗਰਾਮ ਵਿੱਚ ਬੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਆਰੋਹ ਫਾਊਂਡੇਸ਼ਨ, ਅਸੈਸ ਡਿਵੈਲਪਮੈਂਟ ਸਰਵਿਸ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐਲਡੀਐਮ ਸੰਦੀਪ ਸਹੋਤਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਤੋਂ ਨਸ਼ਾ ਮੁਕਤੀ ਸਬੰਧੀ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਨੇ ਸ਼ਹਿਰ ਦੇ ਵੱਖ-ਵੱਖ ਮੁੱਖ ਮਾਰਗਾਂ ਤੋਂ ਲੰਘਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਅਪਣਾਉਣ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ। ਰੈਲੀ ਦੌਰਾਨ ਭਾਗੀਦਾਰਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਨਾਅਰੇ ਵੀ ਲਗਾਏ ਗਏ, ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਰੈਲੀ ਦੀ ਸਮਾਪਤੀ ਗਾਂਧੀ ਪਾਰਕ ਵਿਖੇ ਹੋਈ, ਜਿੱਥੇ ਕਰਵਾਏ ਗਏ ਸਮਾਗਮ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ, ਪਰਿਵਾਰਾਂ ਅਤੇ ਸਮਾਜ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਐਲਡੀਐਮ ਸੰਦੀਪ ਸਹੋਤਾ ਨੇ ਕਿਹਾ ਕਿ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਕੇਵਲ ਸਰਕਾਰੀ ਯਤਨ ਹੀ ਕਾਫ਼ੀ ਨਹੀਂ, ਸਗੋਂ ਹਰ ਨਾਗਰਿਕ, ਸਮਾਜਿਕ ਸੰਸਥਾ, ਸਿੱਖਿਆ ਸੰਸਥਾਨ ਅਤੇ ਪਰਿਵਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਸਮਾਜ ਸੇਵਾ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਪ੍ਰੇਰਿਤ ਕਰਨ।
ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਸਮਾਜ ਵਿੱਚ ਸਕਾਰਾਤਮਕ ਸੋਚ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਸਮਾਜ ਦੇ ਹਰ ਵਰਗ ਵੱਲੋਂ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾਵੇ ਤਾਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋ ਸਕਦਾ ਹੈ।
ਇਸ ਮੌਕੇ ਡਿਪਟੀ ਐਲਡੀਐਮ ਸੰਦੀਪ ਸ਼ਰਮਾ, ਐਫਐਲਸੀ ਹਰਜਿੰਦਰ ਕੌਰ, ਐਫਐਲਸੀ ਅਮਨਦੀਪ ਕੌਰ, ਆਰੋਹ ਫਾਊਂਡੇਸ਼ਨ ਤੋਂ ਏਐਫਸੀ ਗੁਰਪ੍ਰੀਤ ਸਿੰਘ 'ਕੱਦਗਿੱਲ', ਏਐਫਸੀ ਬਚਿੱਤਰ ਸਿੰਘ, ਅਸੈਸ ਡਿਵੈਲਪਮੈਂਟ ਸਰਵਿਸ ਤੋਂ ਐਫਸੀ ਬਬਲਪ੍ਰੀਤ ਕੌਰ, ਟੀਐਸਪੀ ਸਾਹਿਲਦੀਪ ਸਿੰਘ, ਅਮ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ, ਕਰਮਚਾਰੀ, ਸਮਾਜ ਸੇਵੀ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।




